ਡਰਬੀ (ਜਸਪਾਲ ਕੈਂਥ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਨਿਸ਼ਾਨ ਸਾਹਿਬ ਦੇ ਚੋਲੇ ਦਾ ਰੰਗ ਸਿੱਖ ਰਹਿਤ ਮਰਯਾਦਾ ਅਨੁਸਾਰ ਬਸੰਤੀ ਅਤੇ ਸੁਰਮਈ ਕਰਨ ਦੇ ਫ਼ੈਸਲੇ ਦਾ ਯੂ ਕੇ ਅਤੇ ਦੁਨੀਆ ਭਰ ਦੀਆਂ ਸਿੱਖ ਸੰਸਥਾਵਾਂ ਨੇ ਭਰਵਾਂ ਸੁਆਗਤ ਤੇ ਸਮਰਥਨ ਕੀਤਾ ਹੈ।
ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਗੁਰਦੁਆਰਾ ਸਿੰਘ ਸਭਾ ਡਰਬੀ ਦੇ ਪ੍ਰਧਾਨ ਸ: ਰਘਬੀਰ ਸਿੰਘ, ਸਿੱਖ ਵਿਰਾਸਤ ਕੇਂਦਰ ਅਤੇ ਘੱਲੂਘਾਰਾ ਅਜਾਇਬਘਰ ਡਰਬੀ ਦੇ ਚੇਅਰਮੈਨ ਸ: ਰਾਜਿੰਦਰ ਸਿੰਘ ਪੁਰੇਵਾਲ, ਅਖੰਡ ਕੀਰਤਨੀ ਜਥਾ ਯੂ ਕੇ ਦੇ ਜਨਰਲ ਸਕੱਤਰ ਪ੍ਰੋਫੈਸਰ ਦਲਜੀਤ ਸਿੰਘ ਡਾ: ਅਤੇ ਖਾਲਸਾ ਦਰਬਾਰ ਗੁਰਦੁਆਰਾ ਡਰਬੀ ਦੇ ਮੁੱਖ ਸੇਵਾਦਾਰ ਸ: ਹਰਦਿਆਲ ਸਿੰਘ ਧਮੜੈਤ ਅਤੇ ਇੰਟਰਨੈਸ਼ਨਲ ਸਿੱਖ ਸੇਵਕ ਸੁਸਾਇਟੀ ਪੰਜਾਬ ਦੇ ਪ੍ਰਧਾਨ ਭਾਈ ਪ੍ਰਮਿੰਦਰਪਾਲ ਸਿੰਘ ਖਾਲਸਾ ਨੇ ਇੱਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਸਾਰੇ ਗੁਰਦੁਆਰਿਆਂ ਸਮੇਤ ਹੋਰ ਵੀ ਹਰੇਕ ਪਿੰਡ ਕਸਬੇ, ਸ਼ਹਿਰ ਅਤੇ ਹਰ ਦੇਸ਼ ਦੇ ਵਿੱਚ ਸਥਿੱਤ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਇਸ ਫ਼ੈਸਲੇ ਦੀ ਪਾਲਣਾ ਕਰਨੀ ਚਾਹੀਦੀ ਹੈ। ਇਹ ਫ਼ੈਸਲਾ ਬੇਸ਼ੱਕ ਬੜੀ ਦੇਰ ਨਾਲ ਕੀਤਾ ਗਿਆ ਹੈ, ਪਰ ਸਹੀ ਫ਼ੈਸਲਾ ਹੈ। ਸਾਰੇ ਗੁਰਦੁਆਰਾ ਸਾਹਿਬਾਨ ਵਿੱਚ ਇੱਕਸਾਰਤਾ ਲਿਆਉਣੀ ਚਾਹੀਦੀ ਹੈ। ਉਕਤ ਆਗੂਆਂ ਨੇ ਕਿਹਾ ਕਿ ਅਸੀਂ ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਨਾਲ ਡਟ ਕੇ ਖੜ੍ਹੇ ਹਾਂ।
ਉਹਨਾਂ ਸ਼੍ਰੋਮਣੀ ਕਮੇਟੀ ਨੂੰ ਹੋਰ ਬੇਨਤੀ ਕੀਤੀ ਕਿ ਇਸੇ ਤਰ੍ਹਾਂ ਨਾਨਕਸ਼ਾਹੀ ਕੈਲੰਡਰ (ਮੂਲ 2003 ਵਾਲਾ) ਜੋ ਇਕ ਵੱਡੇ ਇਕੱਠ ਵਿੱਚ ਪ੍ਰਵਾਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤਾ ਗਿਆ ਸੀ, ਉਹ ਵੀ ਪੰਥ ਦੀਆਂ ਵੱਖਰੇ ਵਿਚਾਰ ਰੱਖਣ ਵਾਲੀਆਂ ਸੰਸਥਾਵਾਂ ਨੂੰ ਵੀ ਭਰੋਸੇ ਵਿੱਚ ਲੈ ਕੇ ਲਾਗੂ ਕਰਨ ਲਈ ਉਪਰਾਲਾ ਕਰਨਾ ਚਾਹੀਦਾ ਹੈ। ਜਿਸ ਨਾਲ ਪੰਥ ਵਿੱਚ ਆਪਸੀ ਏਕਤਾ ਵਧੇਗੀ ।
ਉਕਤ ਸਿੱਖ ਆਗੂਆਂ ਦਾ ਕਹਿਣਾ ਹੈ ਕਿ ਪੰਥ ਦੀਆਂ ਬਹੁਤੀਆਂ ਸੰਸਥਾਵਾਂ ਸਮਝਦੀਆਂ ਹਨ ਕਿ ਨਾਨਕਸ਼ਾਹੀ ਕੈਲੰਡਰ ਆਰ ਐਸ ਐਸ ਦੇ ਪ੍ਰਭਾਵ ਹੇਠ ਬਦਲਿਆ ਗਿਆ ਸੀ। ਇਸ ਕੈਲੰਡਰ ਨੂੰ ਲਾਗੂ ਕਰਨ ਨਾਲ ਸ਼੍ਰੋਮਣੀ ਕਮੇਟੀ ਦਾ ਅਕਸ ਸਿੱਖ ਪੰਥ ਵਿਚ ਸਾਫ ਹੋਵੇਗਾ