ਜਲੰਧਰ (ਜਸਪਾਲ ਕੈਂਥ) -ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸੂਬਾ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਨਿਗਮ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਾਉਣ ਦੀ ਮੰਗ ਕੀਤੀ ਹੈ। ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਕਾਫੀ ਉਮੀਦਵਾਰਾਂ ਵੱਲੋਂ ਚੋਣਾਂ ਤੇ ਵੋਟਾਂ ਦੀ ਗਿਣਤੀ ਸਹੀ ਢੰਗ ਨਾਲ ਨਾ ਹੋਣ ਸਬੰਧੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਪੰਚਾਇਤੀ ਚੋਣਾਂ ਤੋਂ ਬਾਅਦ ਹੁਣ ਸੂਬੇ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਵੋਟਾਂ 21 ਦਸੰਬਰ ਨੂੰ ਪੈਣੀਆਂ ਹਨ ਤੇ ਚੋਣ ਕਮਿਸ਼ਨ ਵੱਲੋਂ ਉਸੇ ਦਿਨ ਹੀ ਨਤੀਜੇ ਦਿੱਤੇ ਜਾਣੇ ਹਨ। ਇਹ ਚੋਣਾਂ ਈਵੀਐਮ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਪਰ ਹੈਰਾਨੀ ਦੀ ਗੱਲ ਹੈ ਕਿ ਕਮਿਸ਼ਨ ਵੱਲੋਂ ਈਵੀਐਮ ਮਸ਼ੀਨਾਂ ਨਾਲ ਵੀਵੀਪੈਟ ਨਹੀਂ ਲਗਾਈ ਜਾ ਰਹੀ ਹੈ। ਹਾਲਾਂਕਿ ਕਮਿਸ਼ਨ ਵੱਲੋਂ ਈਵੀਐਮ ਮਸ਼ੀਨਾਂ ਨਾਲ ਵੀਵੀਪੈਟ ਲਗਾਈ ਜਾਣੀ ਚਾਹੀਦੀ ਹੈ। ਡਾ. ਕਰੀਮਪੁਰੀ ਨੇ ਕਿਹਾ ਕਿ ਲੋਕਤੰਤਰਿਕ ਵਿਵਸਥਾ ਵਿੱਚ ਲੋਕਾਂ ਦਾ ਵਿਸ਼ਵਾਸ ਬਣਾਈ ਰੱਖਣ ਦੇ ਲਈ ਜ਼ਰੂਰੀ ਹੈ ਕਿ ਪੂਰੀ ਵੋਟਿੰਗ ਪ੍ਰਕਿਰਿਆ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਹੋਵੇ ਤੇ ਫਿਰ ਇਸੇ ਤਰ੍ਹਾਂ ਹੀ ਵੋਟਾਂ ਦੀ ਗਿਣਤੀ ਵੀ ਪਾਰਦਰਸ਼ੀ ਢੰਗ ਨਾਲ ਹੋਵੇ ਅਤੇ ਬਿਨਾਂ ਕਿਸੇ ਪ੍ਰਭਾਵ ਤੋਂ ਸਹੀ ਢੰਗ ਨਾਲ ਚੋਣ ਨਤੀਜੇ ਐਲਾਨੇ ਜਾਣ। ਪਾਰਟੀ ਸੂਬਾ ਚੋਣ ਕਮਿਸ਼ਨ ਤੋਂ ਇਹ ਮੰਗ ਕਰਦੀ ਹੈ ਕਿ ਉਹ ਸਬੰਧਤ ਚੋਣ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਾਈਡਲਾਈਨ ਜਾਰੀ ਕਰਕੇ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ।
