ਜਲੰਧਰ (ਜਸਪਾਲ ਕੈਂਥ) – ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੀ ਨਵੀਂ ਕਾਰਜਕਾਰਨੀ ਚੁਣੇ ਜਾਣ ਦੀ ਪ੍ਰਕਿਰਿਆ ਸ਼ੁਰੂ ਹੋਣ ਨਾਲ ਹੀ ਪਾਰਟੀ ਅੰਦਰ ਸਿਆਸੀ ਖਿੱਚਤਾਣ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਸ਼ਹਿਰੀ ਪ੍ਰਧਾਨ ਇਕਬਾਲ ਸਿੰਘ ਢੀਡਸਾ ਵੱਲੋਂ ਕਾਰਜਕਾਰਨੀ ਦੇ ਗਠਨ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਤੋਂ ਬਾਅਦ ਦੂਜੇ ਧਿਰ ਦੇ ਆਗੂ ਕੁਲਵੰਤ ਸਿੰਘ ਮੰਨਣ ਵੱਲੋਂ ਨਾਰਾਜ਼ਗੀ ਪ੍ਰਗਟ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ, ਐਸਜੀਪੀਸੀ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਅੱਜ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਨਿਵਾਸ ਸਥਾਨ ’ਤੇ ਆਪਣੇ ਸਮਰਥਕ ਆਗੂਆਂ ਦੀ ਇੱਕ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਜਲੰਧਰ ਨੌਰਥ ਤੋਂ ਇੰਚਾਰਜ ਹਰਿੰਦਰ ਸਿੰਘ ਢੀਡਸਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ। ਮੀਟਿੰਗ ਦੌਰਾਨ ਮੰਨਣ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਸ਼ਹਿਰ ਦੀ ਨਵੀਂ ਕਾਰਜਕਾਰਨੀ ਬਣਾਉਂਦੇ ਸਮੇਂ ਉਨ੍ਹਾਂ ਦੀ ਧਿਰ ਦੇ ਵਰਕਰਾਂ ਅਤੇ ਆਗੂਆਂ ਨੂੰ ਵੀ ਯੋਗ ਪ੍ਰਤੀਨਿਧਿਤਾ ਦਿੱਤੀ ਜਾਣੀ ਚਾਹੀਦੀ ਹੈ।
ਸੂਤਰਾਂ ਅਨੁਸਾਰ, ਮੀਟਿੰਗ ਦੌਰਾਨ ਕੁਲਵੰਤ ਸਿੰਘ ਮੰਨਣ ਕਾਫ਼ੀ ਤੱਤੇ ਦਿਖਾਈ ਦਿੱਤੇ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਪਾਰਟੀ ਦੇ ਸੀਨੀਅਰ ਆਗੂ ਰਹਿ ਚੁੱਕੇ ਹਨ ਅਤੇ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਜਲੰਧਰ ਸ਼ਹਿਰੀ ਦੀ ਕਾਰਜਕਾਰਨੀ ਚੁਣਨਾ ਠੀਕ ਨਹੀਂ ਹੈ।
ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਮੰਨਣ, ਜੋ ਪਹਿਲਾਂ ਜਲੰਧਰ ਸ਼ਹਿਰੀ ਦੇ ਪ੍ਰਧਾਨ ਰਹਿ ਚੁੱਕੇ ਹਨ, ਨੇ ਆਪਣੀ ਮਰਜ਼ੀ ਨਾਲ ਪ੍ਰਧਾਨਗੀ ਤੋਂ ਹਟਣਾ ਚੁਣਿਆ ਸੀ। ਇਸ ਤੋਂ ਬਾਅਦ ਪਾਰਟੀ ਹਾਈਕਮਾਂਡ ਵੱਲੋਂ ਇਕਬਾਲ ਸਿੰਘ ਢੀਡਸਾ ਨੂੰ ਜਲੰਧਰ ਸ਼ਹਿਰੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਇਸੇ ਦਰਮਿਆਨ, ਮੰਨਣ ਵੱਲੋਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਬਾਰੰਬਾਰ ਇਹ ਕਿਹਾ ਗਿਆ ਸੀ ਕਿ ਉਹ ਜਲੰਧਰ ਸ਼ਹਿਰ ਦੀ ਪ੍ਰਧਾਨਗੀ ਸੰਭਾਲਣ ਵਿੱਚ ਅਸਮਰਥ ਹਨ ਅਤੇ ਉਨ੍ਹਾਂ ਨੂੰ ਐਸਜੀਪੀਸੀ ਵਿੱਚ ਜ਼ਿੰਮੇਵਾਰੀ ਦਿੱਤੀ ਜਾਵੇ। ਇਸ ਤੋਂ ਬਾਅਦ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ।
ਫਿਲਹਾਲ, ਨਵੀਂ ਕਾਰਜਕਾਰਨੀ ਦੇ ਗਠਨ ਨੂੰ ਲੈ ਕੇ ਪਾਰਟੀ ਅੰਦਰ ਬਣੀ ਇਹ ਸਥਿਤੀ ਅਕਾਲੀ ਦਲ ਜਲੰਧਰ ਦੀ ਅੰਦਰੂਨੀ ਸਿਆਸਤ ਨੂੰ ਹੋਰ ਗਰਮਾਉਂਦੀ ਨਜ਼ਰ ਆ ਰਹੀ ਹੈ।





