*ਆਪ ਸਰਕਾਰ ਨੇ ਲੈਕਚਰਾਰਾਂ ਦੀ ਭਰਤੀ ਵਿੱਚ ਦਲਿਤ ਤੇ ਪਛੜੇ ਵਰਗਾਂ ਦਾ ਰਾਖਵਾਂਕਰਨ ਕੀਤਾ ਖ਼ਤਮ ,ਵਿਰੋਧ ਵਿੱਚ ਬਸਪਾ 3 ਜੁਲਾਈ ਨੂੰ ਰੋਸ ਪ੍ਰਦਰਸ਼ਨ: ਡਾ. ਕਰੀਮਪੁਰੀ*

देश पंजाब
Spread the love

ਜਲੰਧਰ (ਜਸਪਾਲ ਕੈਂਥ )-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ਇੱਥੇ ਪ੍ਰੈਸ ਕਲੱਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ‘ਆਪ’ ਦੀ ਸਰਕਾਰ ਦਲਿਤ ਅਤੇ ਪਛੜੇ ਵਰਗਾਂ ‘ਤੇ ਜਬਰ ਦੀ ਸਰਕਾਰ ਸਿੱਧ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਆਪਣੇ ਸਵਾ ਚਾਰ ਸਾਲ ਦੇ ਕਾਰਜਕਾਲ ਦੌਰਾਨ ਦਲਿਤਾਂ ਨੂੰ ਪੁਲਿਸ ਦੇ ਜਬਰ ਰਾਹੀਂ ਦਬਾਉਣ ਅਤੇ ਉਨ੍ਹਾਂ ਦੇ ਸੰਵਿਧਾਨਕ ਹੱਕਾਂ ਨੂੰ ਕੁਚਲਣ ਵਿੱਚ ਕੋਈ ਕਸਰ ਨਹੀਂ ਛੱਡੀ।

ਡਾ. ਕਰੀਮਪੁਰੀ ਨੇ ਵੱਡਾ ਖੁਲਾਸਾ ਕਰਦਿਆਂ ਦੱਸਿਆ ਕਿ ‘ਆਪ’ ਸਰਕਾਰ ਵੱਲੋਂ ਬੀਤੀ 25 ਜੂਨ, 2026 ਨੂੰ ਪੰਜਾਬੀ, ਕੈਮਿਸਟਰੀ, ਇਕਨੌਮਿਕਸ, ਕਾਮਰਸ, ਫਿਜ਼ਿਕਸ, ਭੂਗੋਲ ਅਤੇ ਹੋਰ ਵਿਸ਼ਿਆਂ ਲਈ ਲੈਕਚਰਾਰਾਂ ਦੀਆਂ ਕੱਢੀਆਂ ਗਈਆਂ ਕਰੀਬ 1000 ਅਸਾਮੀਆਂ ਵਿੱਚ ਦਲਿਤ (ਐੱਸ.ਸੀ. ਵਰਗ) ਅਤੇ ਪਛੜੇ ਵਰਗਾਂ ਲਈ ਰਾਖਵਾਂਕਰਨ ਬਿਲਕੁਲ ਖ਼ਤਮ ਕਰ ਦਿੱਤਾ ਗਿਆ ਹੈ, ਜੋ ਕਿ ਸਿੱਧੇ ਤੌਰ ‘ਤੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਮੌਜੂਦਾ ਸਰਕਾਰ ਦਲਿਤਾਂ ਅਤੇ ਪਛੜੇ ਵਰਗਾਂ ਦੇ ਸੰਵਿਧਾਨਕ ਹੱਕਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਪਰ ਬਸਪਾ ਅਜਿਹਾ ਹਰਗਿਜ਼ ਨਹੀਂ ਹੋਣ ਦੇਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਐਡਵੋਕੇਟ ਜਨਰਲ ਦੀਆਂ ਭਰਤੀਆਂ ਵਿੱਚ ‘ਆਪ’ ਸਰਕਾਰ ਵੱਲੋਂ ਦਲਿਤਾਂ ਲਈ ਕੋਈ ਰਾਖਵਾਂਕਰਨ ਨਹੀਂ ਰੱਖਿਆ ਗਿਆ ਸੀ, ਜਿਸ ਨੂੰ ਬਸਪਾ ਅਤੇ ਹੋਰ ਜਥੇਬੰਦੀਆਂ ਦੇ ਭਾਰੀ ਵਿਰੋਧ ਤੋਂ ਬਾਅਦ ਸਰਕਾਰ ਨੂੰ ਦੇਣਾ ਪਿਆ ਸੀ। ਇਸੇ ਤਰ੍ਹਾਂ ਵੈਟਰਨਰੀ ਅਫ਼ਸਰਾਂ ਦੀ ਭਰਤੀ ਵਿੱਚ ਵੀ ਰਾਖਵਾਂਕਰਨ ਗਾਇਬ ਕੀਤਾ ਗਿਆ ਸੀ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗੈਸਟ ਫੈਕਲਟੀ ਅਤੇ ਕੰਟਰੈਕਟ ਟੀਚਿੰਗ ਪੋਸਟਾਂ ਵਿੱਚ ਵੀ ਕੋਈ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਇਨ੍ਹਾਂ ਵਰਗਾਂ ਦੇ ਯੋਗ ਉਮੀਦਵਾਰ ਪਹਿਲਾਂ ਹੀ ਵਿਦਿਅਕ ਅਦਾਰਿਆਂ ਤੋਂ ਬਾਹਰ ਕੀਤੇ ਜਾ ਰਹੇ ਹਨ।

3 ਜੁਲਾਈ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ: ਡਾ. ਕਰੀਮਪੁਰੀ ਨੇ ਐਲਾਨ ਕੀਤਾ ਕਿ ‘ਆਪ’ ਦੀ ਇਸ ਦਲਿਤ-ਪਛੜਾ ਵਿਰੋਧੀ ਨੀਤੀ ਖ਼ਿਲਾਫ਼ ਬਸਪਾ ਵੱਲੋਂ 3 ਜੁਲਾਈ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਦਿੱਤੇ ਜਾਣਗੇ। ਜੇਕਰ ਸਰਕਾਰ ਨੇ ਇਸ ਭਰਤੀ ਵਿੱਚ ਰਾਖਵਾਂਕਰਨ ਤੁਰੰਤ ਬਹਾਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਪੱਧਰ ‘ਤੇ ਸੰਘਰਸ਼ ਵਿੱਢਿਆ ਜਾਵੇਗਾ।

ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਤੇ ਦਲਿਤਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਜ਼ਿਕਰ ਕਰਦਿਆਂ ਬਸਪਾ ਪ੍ਰਧਾਨ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਦਲਿਤਾਂ ‘ਤੇ ਪੁਲਿਸ ਰਾਹੀਂ ਜਬਰ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਕੀਤੀਆਂ ਜਾ ਰਹੀਆਂ ਹਿੰਸਕ ਘਟਨਾਵਾਂ ‘ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮਿਸਾਲ ਦਿੰਦਿਆਂ ਕਿਹਾ ਕਿ ਪਟਿਆਲਾ ਵਿਖੇ ਰਮਨਦੀਪ ਸਿੰਘ ‘ਤੇ ਹੋਏ ਹਮਲੇ ਅਤੇ ਉਸ ਦੇ ਅਗਵਾ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਇਸੇ ਤਰ੍ਹਾਂ ਹਲਕਾ ਖ਼ਡੂਰ ਸਾਹਿਬ ਦੇ ਪਿੰਡ ਬੋਈ ਪੋਈ ਵਿਖੇ ‘ਆਪ’ ਆਗੂਆਂ ਦੀ ਸ਼ਹਿ ‘ਤੇ ਦਲਿਤਾਂ ਦੇ ਘਰ ਸਾੜੇ ਗਏ ਅਤੇ ਉਲਟਾ ਦਲਿਤਾਂ ‘ਤੇ ਹੀ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਨਜਾਇਜ਼ ਜੇਲ੍ਹਾਂ ਵਿੱਚ ਡੱਕਿਆ ਗਿਆ। ਬਸਪਾ ਇਨ੍ਹਾਂ ਸਾਰੇ ਮਸਲਿਆਂ ਨੂੰ ਲੈ ਕੇ ਵੀ ਜ਼ੋਰਦਾਰ ਪ੍ਰਦਰਸ਼ਨ ਕਰੇਗੀ।

ਇਸ ਪ੍ਰੈਸ ਕਾਨਫਰੰਸ ਦੌਰਾਨ ਬਸਪਾ ਦੇ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ਪ੍ਰਜਾਪਤ, ਜਨਰਲ ਸਕੱਤਰ ਤੇ ਜਲੰਧਰ ਜ਼ੋਨ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ, ਸੂਬਾ ਜਨਰਲ ਸਕੱਤਰ ਲਾਲ ਸਿੰਘ ਸੁਲਹਾਨੀ, ਜਸਵੰਤ ਰਾਏ, ਸਲਵਿੰਦਰ ਕੁਮਾਰ ਅਤੇ ਹੋਰ ਪ੍ਰਮੁੱਖ ਆਗੂ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

Leave a Reply

Your email address will not be published. Required fields are marked *