ਜਲੰਧਰ (ਜਸਪਾਲ ਕੈਂਥ):ਸਥਾਨਕ ਸਰਕਾਰਾਂ ਵਿਭਾਗ ਦੇ ਚੀਫ਼ ਵਿਜੀਲੈਂਸ ਅਫ਼ਸਰ (CVO) ਨੇ ਕਰਤਾਰਪੁਰ ਦੇ ਕਾਲਮਾ ਰੋਡ ‘ਤੇ ਸਥਿਤ ਇੱਕ ਅਣਅਧਿਕਾਰਤ ਕਲੋਨੀ ਖ਼ਿਲਾਫ਼ ਆਰਟੀਆਈ ਐਕਟੀਵਿਸਟ ਕਰਨਪ੍ਰੀਤ ਸਿੰਘ ਵੱਲੋਂ ਕੀਤੀ ਗਈ ਸ਼ਿਕਾਇਤ ਦਾ ਗੰਭੀਰ ਨੋਟਿਸ ਲੈਂਦਿਆਂ ਵੱਡੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਵਿਭਾਗ ਨੇ ਐਡੀਸ਼ਨਲ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਨੂੰ ਪੱਤਰ ਲਿਖ ਕੇ ਸਬੰਧਤ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਹੈ।

ਇਹ ਕਾਰਵਾਈ ਡਾਇਰੈਕਟਰ, ਸਥਾਨਕ ਸਰਕਾਰਾਂ (ਪੰਜਾਬ) ਵੱਲੋਂ ਜਾਰੀ ਹੁਕਮਾਂ ਦੇ ਹਵਾਲੇ ਨਾਲ ਸ਼ੁਰੂ ਕੀਤੀ ਗਈ ਹੈ। ਨਿਰਦੇਸ਼ਾਂ ਤਹਿਤ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (EO) ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਤਕਨੀਕੀ ਅਧਿਕਾਰੀਆਂ ਦੀ ਟੀਮ ਭੇਜ ਕੇ ਮੌਕੇ ਦੀ ਜਾਂਚ ਕਰਵਾਉਣ ਅਤੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਤਸਦੀਕ ਕਰਨ।
‘ਪਾਪਰਾ ਐਕਟ’ ਤਹਿਤ ਹੋਵੇਗੀ ਕਾਰਵਾਈ
ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਜਾਂਚ ਦੌਰਾਨ ਇਹ ਕਲੋਨੀ ਅਣਅਧਿਕਾਰਤ ਪਾਈ ਜਾਂਦੀ ਹੈ, ਤਾਂ ਬਿਨਾਂ ਸਮਰੱਥ ਅਥਾਰਟੀ (Competent Authority) ਦੀ ਮਨਜ਼ੂਰੀ ਤੋਂ ਹੋ ਰਹੇ ਵਿਕਾਸ ਕਾਰਜਾਂ ਨੂੰ ਤੁਰੰਤ ਰੋਕਿਆ ਜਾਵੇ। ਇਸ ਤੋਂ ਇਲਾਵਾ, ਸਰਕਾਰੀ ਨਿਯਮਾਂ ਅਤੇ ਪਾਪਰਾ ਐਕਟ (PAPRA Act, 1995) ਅਧੀਨ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਵਿਭਾਗ ਨੇ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਕੀਤੀ ਗਈ ਪੂਰੀ ਕਾਰਵਾਈ ਦੀ ਰਿਪੋਰਟ ਸ਼ਿਕਾਇਤਕਰਤਾ ਨਾਲ ਵੀ ਸਾਂਝੀ ਕੀਤੀ ਜਾਵੇ।