ਜਲੰਧਰ (ਜਸਪਾਲ ਕੈਂਥ) — ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਸੰਭਾਵਿਤ ਉਮੀਦਵਾਰੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌੜ ਵਿੱਚ ਜਲੰਧਰ ਨਗਰ ਨਿਗਮ ਦੇ ਡਿਪਟੀ ਮੇਅਰ ਅਤੇ ਨੌਜਵਾਨ ਆਗੂ ਮਲਕੀਤ ਸਿੰਘ ਸੁਭਾਨਾ ਦਾ ਦਾਅਵਾ ਮਜ਼ਬੂਤ ਮੰਨਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿੱਚ ਉਨ੍ਹਾਂ ਨੂੰ ਸੰਭਾਵਿਤ ਉਮੀਦਵਾਰਾਂ ਵਿੱਚ ਅੱਗੇ ਦੱਸਿਆ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਕਈ ਮੌਕਿਆਂ ’ਤੇ ਇਹ ਗੱਲ ਕਹੀ ਜਾ ਚੁੱਕੀ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਪਿਛੋਕੜ ਵਿੱਚ ਸੁਭਾਨਾ ਦੀ ਹਲਕੇ ਵਿੱਚ ਸਰਗਰਮੀ ਅਤੇ ਲੋਕਾਂ ਨਾਲ ਸੰਪਰਕ ਨੂੰ ਉਨ੍ਹਾਂ ਦੀ ਦਾਅਵੇਦਾਰੀ ਲਈ ਅਹਿਮ ਮੰਨਿਆ ਜਾ ਰਿਹਾ ਹੈ।
ਮਲਕੀਤ ਸਿੰਘ ਸੁਭਾਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਜਲੰਧਰ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਅਤੇ ਪ੍ਰੋਜੈਕਟਾਂ ਨੂੰ ਅੱਗੇ ਵਧਾਉਣ ਵਿੱਚ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸੜਕਾਂ, ਗਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਾਮਲਿਆਂ ਦੇ ਹੱਲ ਲਈ ਵੀ ਸਰਗਰਮ ਰਹਿਣ ਦਾ ਦਾਅਵਾ ਕੀਤਾ ਜਾਂਦਾ ਹੈ।
ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਵੀ ਸੁਭਾਨਾ ਵੱਲੋਂ ਸਰਗਰਮੀ ਦਿਖਾਈ ਜਾਂਦੀ ਰਹੀ ਹੈ। ਪਾਰਟੀ ਵੱਲੋਂ ਜਲੰਧਰ ਵਿੱਚ ਕਰਵਾਈਆਂ ਜਾਣ ਵਾਲੀਆਂ ਜਨ ਸਭਾਵਾਂ ਅਤੇ ਹੋਰ ਸਿਆਸੀ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਵਿੱਚ ਵੀ ਉਨ੍ਹਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੀ ਸਰਗਰਮ ਭੂਮਿਕਾ ਰਹਿਣ ਦੀ ਗੱਲ ਸਾਹਮਣੇ ਆ ਰਹੀ ਹੈ।
ਭਾਵੇਂ ਆਮ ਆਦਮੀ ਪਾਰਟੀ ਨਾਲ ਜੁੜੇ ਕਈ ਆਗੂ ਜਲੰਧਰ ਛਾਉਣੀ ਤੋਂ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ, ਪਰ ਸਿਆਸੀ ਚਰਚਾ ਵਿੱਚ ਮਲਕੀਤ ਸਿੰਘ ਸੁਭਾਨਾ ਦਾ ਨਾਮ ਪ੍ਰਮੁੱਖਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਦਾ ਐੱਸ.ਸੀ. ਵਰਗ ਨਾਲ ਸਬੰਧਤ ਹੋਣਾ ਵੀ ਹਲਕੇ ਦੀ ਸਮਾਜਿਕ ਅਤੇ ਸਿਆਸੀ ਸਮੀਕਰਨਾਂ ਦੇ ਮੱਦੇਨਜ਼ਰ ਇੱਕ ਅਹਿਮ ਪੱਖ ਮੰਨਿਆ ਜਾ ਰਿਹਾ ਹੈ।
ਹਲਕੇ ਦੇ ਕੁਝ ਸਥਾਨਕ ਵਸਨੀਕਾਂ ਨਾਲ ਕੀਤੀ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਵੱਲੋਂ ਮਲਕੀਤ ਸਿੰਘ ਸੁਭਾਨਾ ਨੂੰ ਉਮੀਦਵਾਰ ਬਣਾਇਆ ਜਾਂਦਾ ਹੈ ਤਾਂ ਉਹ ਉਨ੍ਹਾਂ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਹਾਲਾਂਕਿ, ਅੰਤਿਮ ਉਮੀਦਵਾਰ ਦਾ ਫੈਸਲਾ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵੱਲੋਂ ਕੀਤਾ ਜਾਣਾ ਹੈ। ਇਸ ਲਈ ਆਉਣ ਵਾਲੇ ਸਮੇਂ ਵਿੱਚ ਜਲੰਧਰ ਛਾਉਣੀ ਦੀ ਸਿਆਸਤ ਵਿੱਚ ਹੋਣ ਵਾਲੇ ਫੈਸਲਿਆਂ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।





