ਜਲੰਧਰ ਕੈਂਟ, 11 ਸਤੰਬਰ:(ਜਸਪਾਲ ਕੈਂਥ)-ਆਮ ਆਦਮੀ ਪਾਰਟੀ ਵੱਲੋਂ ਪੰਜਾਬ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਤਹਿਤ ਅੱਜ ਜਲੰਧਰ ਕੈਂਟ ਦੇ ਵਾਰਡ ਨੰਬਰ 38 ਵਿੱਚ ਸਫ਼ਾਈ ਅਭਿਆਨ ਚਲਾਇਆ ਗਿਆ।
ਇਸ ਮੌਕੇ ਮਲਕੀਤ ਸਿੰਘ ਸੁਭਾਨਾ ਦੀ ਅਗਵਾਈ ਹੇਠ ‘ਆਪ’ ਵਲੰਟੀਅਰਾਂ ਨੇ ਵਾਰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚ ਕੇ ਸਫ਼ਾਈ ਕਾਰਜ ਕੀਤੇ। ਵਲੰਟੀਅਰਾਂ ਵੱਲੋਂ ਗਲੀਆਂ, ਸੜਕਾਂ ਅਤੇ ਆਸ-ਪਾਸ ਦੇ ਇਲਾਕਿਆਂ ਦੀ ਸਫ਼ਾਈ ਕਰਦਿਆਂ ਲੋਕਾਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ।
ਮਲਕੀਤ ਸਿੰਘ ਸੁਭਾਨਾ ਨੇ ਕਿਹਾ ਕਿ ਮਾਨ ਸਰਕਾਰ ਦਾ ‘ਮਿਸ਼ਨ ਕਲੀਨ ਪੰਜਾਬ’ ਸਿਰਫ਼ ਸਫ਼ਾਈ ਮੁਹਿੰਮ ਨਹੀਂ, ਸਗੋਂ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਨੂੰ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਾ ਸਮਝਦੇ ਹੋਏ ਹਰ ਨਾਗਰਿਕ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਅਤੇ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫ਼ਲ ਬਣਾਉਣ ਲਈ ਮਾਨ ਸਰਕਾਰ ਦਾ ਸਾਥ ਦੇਣ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਜਲੰਧਰ ਕੈਂਟ ਦੇ ਵੱਖ-ਵੱਖ ਵਾਰਡਾਂ ਵਿੱਚ ਸਫ਼ਾਈ ਅਤੇ ਜਨ-ਜਾਗਰੂਕਤਾ ਨਾਲ ਸਬੰਧਤ ਗਤੀਵਿਧੀਆਂ ਨੂੰ ਲਗਾਤਾਰ ਅੱਗੇ ਵਧਾਇਆ ਜਾਵੇਗਾ, ਤਾਂ ਜੋ ਜਲੰਧਰ ਕੈਂਟ ਨੂੰ ਹੋਰ ਸਾਫ਼, ਸੁੰਦਰ ਅਤੇ ਬਿਹਤਰ ਬਣਾਇਆ ਜਾ ਸਕੇ।


