*ਗੜ੍ਹਾ ਰੋਡ ਫਲਾਈਓਵਰ ਮਾਮਲੇ ’ਤੇ ਦੁਕਾਨਦਾਰਾਂ ਦੇ ਹੱਕ ਵਿੱਚ ਖੜ੍ਹੀ ਰਹੇਗੀ ਆਮ ਆਦਮੀ ਪਾਰਟੀ: ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ*

देश पंजाब
Spread the love

ਜਲੰਧਰ (ਜਸਪਾਲ ਕੈਂਥ)-ਅੱਜ ਜਲੰਧਰ ਕੈਂਟ ਦੇ ਗੜ੍ਹਾ ਰੋਡ ਵਿਖੇ ਫਲਾਈਓਵਰ ਦੇ ਮੁੱਦੇ ਨੂੰ ਲੈ ਕੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਨੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਅਤੇ ਚਿੰਤਾਵਾਂ ਨੂੰ ਸੁਣਿਆ ਅਤੇ ਉਨ੍ਹਾਂ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ। ਮਲਕੀਤ ਸਿੰਘ ਸੁਭਾਨਾ ਨੇ ਕਿਹਾ ਕਿ ਇਹ ਫਲਾਈਓਵਰ ਕੇਂਦਰ ਸਰਕਾਰ ਵੱਲੋਂ ਮਨਜ਼ੂਰ ਕੀਤਾ ਗਿਆ ਹੈ ਅਤੇ ਇਸ ਦੇ ਉਦਘਾਟਨ ਸਮਾਗਮ ਵਿੱਚ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੀ ਵੀ ਸ਼ਮੂਲੀਅਤ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਲੋਕਾਂ ਦੀ ਸਹੂਲਤ ਲਈ ਹੁੰਦੇ ਹਨ, ਪਰ ਜੇਕਰ ਕਿਸੇ ਪ੍ਰਾਜੈਕਟ ਕਾਰਨ ਸਥਾਨਕ ਦੁਕਾਨਦਾਰਾਂ ਦੀ ਰੋਜ਼ੀ-ਰੋਟੀ, ਕਾਰੋਬਾਰ ਜਾਂ ਜਨਤਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਇਸ ਮੁੱਦੇ ਨੂੰ ਅਣਦੇਖਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ, “ਅਸੀਂ ਵਿਕਾਸ ਦੇ ਵਿਰੋਧੀ ਨਹੀਂ ਹਾਂ, ਪਰ ਵਿਕਾਸ ਦੇ ਨਾਮ ’ਤੇ ਲੋਕਾਂ ਦੀ ਰੋਜ਼ੀ-ਰੋਟੀ ਅਤੇ ਉਨ੍ਹਾਂ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕਰਨਾ ਵੀ ਕਬੂਲ ਨਹੀਂ ਕੀਤਾ ਜਾ ਸਕਦਾ। ਸਰਕਾਰ ਅਤੇ ਸਬੰਧਤ ਵਿਭਾਗਾਂ ਨੂੰ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਗੰਭੀਰਤਾ ਨਾਲ ਹੱਲ ਕਰਨਾ ਚਾਹੀਦਾ ਹੈ।” ਡਿਪਟੀ ਮੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਜਲੰਧਰ ਕੈਂਟ ਦੇ ਲੋਕਾਂ ਅਤੇ ਦੁਕਾਨਦਾਰਾਂ ਦੇ ਹੱਕ ਵਿੱਚ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਉਨ੍ਹਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਕਾਸ ਪ੍ਰਾਜੈਕਟ ਨੂੰ ਲਾਗੂ ਕਰਨ ਤੋਂ ਪਹਿਲਾਂ ਸਥਾਨਕ ਲੋਕਾਂ ਅਤੇ ਪ੍ਰਭਾਵਿਤ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਢੁੱਕਵਾਂ ਹੱਲ ਕਰਨਾ ਜ਼ਰੂਰੀ ਹੈ। ਮਲਕੀਤ ਸਿੰਘ ਸੁਭਾਨਾ ਨੇ ਕਿਹਾ ਕਿ “ਲੋਕਾਂ ਦੀ ਆਵਾਜ਼ ਹੀ ਸਾਡੀ ਆਵਾਜ਼ ਹੈ। ਜਲੰਧਰ ਕੈਂਟ ਦੇ ਲੋਕਾਂ ਅਤੇ ਦੁਕਾਨਦਾਰਾਂ ਦੇ ਹੱਕਾਂ ਲਈ ਅਸੀਂ ਹਮੇਸ਼ਾ ਅੱਗੇ ਰਹਾਂਗੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਲਈ ਹਰ ਪੱਧਰ ’ਤੇ ਆਵਾਜ਼ ਉਠਾਈ ਜਾਵੇਗੀ।”

Leave a Reply

Your email address will not be published. Required fields are marked *