ਚੰਡੀਗੜ੍ਹ (ਜਸਪਾਲ ਕੈਂਥ)-ਕੇਂਦਰੀ ਜਾਂਚ ਬਿਊਰੋ (CBI) ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ਅਤੇ ਉਨ੍ਹਾਂ ਦੇ ਓਐਸਡੀ (Officer on Special Duty) ਰਾਜਬੀਰ ਸਿੰਘ ਘੁੰਮਣ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਛਾਪੇਮਾਰੀ ਕੀਤੀ।
ਰਾਜਬੀਰ ਸਿੰਘ ਘੁੰਮਣ ਦੀ ਰਿਹਾਇਸ਼ ’ਤੇ CBI ਦੀ ਕਾਰਵਾਈ ਸ਼ਾਮ ਕਰੀਬ 6:15 ਵਜੇ ਸ਼ੁਰੂ ਹੋਈ।
ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (CMO) ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ CBI ਨੂੰ ਮਾਮਲਾ ਦਰਜ ਕਰਕੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋਂ ਇੱਕ ਦਿਨ ਬਾਅਦ ਹੋਈ ਹੈ।
CBI ਦੀ ਕਾਰਵਾਈ ’ਤੇ ਭਗਵੰਤ ਮਾਨ ਦਾ ਪ੍ਰਤੀਕਰਮ
ਮੁੱਖ ਮੰਤਰੀ ਭਗਵੰਤ ਮਾਨ ਨੇ CBI ਦੀ ਕਾਰਵਾਈ ’ਤੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ED ਅਤੇ CBI ਵਰਗੀਆਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾਵੇਗੀ।
ਇਹ ਮਾਮਲਾ ਪੰਜਾਬ ਸਰਕਾਰ ਵਿੱਚ ਉੱਚ ਪੱਧਰੀ ਭ੍ਰਿਸ਼ਟਾਚਾਰ ਸਬੰਧੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਲਗਾਏ ਗਏ ਦੋਸ਼ਾਂ ਨਾਲ ਜੁੜਿਆ ਹੋਇਆ ਹੈ। ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਨ੍ਹਾਂ ਦੋਸ਼ਾਂ ਦੀ ਜਾਂਚ CBI ਤੋਂ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ।


