ਜਲੰਧਰ (ਜਸਪਾਲ ਕੈਂਥ): ਪਿੰਡ ਜੰਡੇ ਸਰਾਏ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਪਿੰਡ ਵਾਸੀਆਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਬਣਾਏ ਜਾ ਰਹੇ ਖੇਡ ਸਟੇਡੀਅਮ ਦਾ ਕੰਮ ਰੁਕਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਅਨੁਸਾਰ, ਪਿੰਡ ਦੀ ਪੰਚਾਇਤ ਦੀ ਸਹਿਮਤੀ ਨਾਲ ਪੰਚਾਇਤੀ ਜ਼ਮੀਨ ਵਿੱਚੋਂ 13 ਕਨਾਲ ਰਕਬੇ ’ਤੇ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਸੀ, ਪਰ ਬੀਡੀਓ ਭੋਗਪੁਰ ਵੱਲੋਂ ਕੰਮ ਰੁਕਵਾ ਦਿੱਤੇ ਜਾਣ ਕਾਰਨ ਪਿੰਡ ਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਅਕਾਲੀ ਆਗੂ ਬੂਟਾ ਸਿੰਘ ,ਬਸਪਾ ਆਗੂ ਐਡਵੋਕੇਟ ਬਲਵਿੰਦਰ ਕੁਮਾਰ ਅਤੇ ਰਜਿੰਦਰ ਸਿੰਘ ਕਾਂਗਰਸੀ ਆਗੂ ਨੇ ਜਾਣਕਾਰੀ ਅਨੁਸਾਰ, ਪੰਚਾਇਤ ਨੇ 18 ਸਤੰਬਰ 2026 ਨੂੰ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਇਸ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੱਤੀ ਸੀ। ਦੱਸਿਆ ਗਿਆ ਹੈ ਕਿ ਇਹ ਜਗ੍ਹਾ ਪਹਿਲਾਂ ਤੋਂ ਹੀ ਬੱਚਿਆਂ ਦੇ ਖੇਡਣ ਲਈ ਵਰਤੀ ਜਾਂਦੀ ਰਹੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਬੱਚੇ ਇੱਥੇ ਖੇਡਦੇ ਆ ਰਹੇ ਹਨ। ਇਸ ਸਥਾਨ ਨੂੰ ਵਿਵਸਥਿਤ ਖੇਡ ਸਟੇਡੀਅਮ ਵਜੋਂ ਵਿਕਸਤ ਕਰਨ ਲਈ 20 ਸਤੰਬਰ ਤੋਂ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ ਸੀ।
ਸਟੇਡੀਅਮ ਦੇ ਪ੍ਰਾਜੈਕਟ ਤਹਿਤ ਗਰਾਊਂਡ ਦੀ ਪੂਰੀ ਚਾਰਦੀਵਾਰੀ, ਜਿਮ ਲਈ ਕਮਰੇ ਦੀ ਉਸਾਰੀ ਅਤੇ ਗਰਾਊਂਡ ਦੇ ਆਲੇ-ਦੁਆਲੇ ਬੈਠਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਪ੍ਰਾਜੈਕਟ ’ਤੇ ਤਕਰੀਬਨ 30 ਲੱਖ ਰੁਪਏ ਖਰਚ ਹੋਣ ਦਾ ਅਨੁਮਾਨ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਕੰਮ ਲਈ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਗਰਾਂਟ ਦੀ ਵਰਤੋਂ ਨਹੀਂ ਕੀਤੀ ਜਾ ਰਹੀ, ਸਗੋਂ ਸਮੁੱਚਾ ਖਰਚਾ ਪਿੰਡ ਵਾਸੀਆਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁਤਾਬਕ, ਹੁਣ ਤੱਕ ਇਸ ਪ੍ਰਾਜੈਕਟ ’ਤੇ ਲਗਭਗ 14 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ।
ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਬੀਡੀਓ ਭੋਗਪੁਰ ਵੱਲੋਂ ਸਟੇਡੀਅਮ ਦੀ ਉਸਾਰੀ ਦਾ ਕੰਮ ਰੁਕਵਾ ਦਿੱਤਾ ਗਿਆ। ਇਸ ਤੋਂ ਇਲਾਵਾ, ਉਨ੍ਹਾਂ ਦਾ ਦਾਅਵਾ ਹੈ ਕਿ ਕਰਤਾਰਪੁਰ ਪੁਲਿਸ ਵੱਲੋਂ ਉਸਾਰੀ ਦੇ ਕੰਮ ਵਿੱਚ ਲੱਗੇ ਮਜ਼ਦੂਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਜਿਨ੍ਹਾਂ ਨੂੰ ਬਾਅਦ ਵਿੱਚ ਪਿੰਡ ਵਾਸੀਆਂ ਦੇ ਦਬਾਅ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਪਿੰਡ ਵਾਸੀਆਂ ਨੇ ਇਹ ਵੀ ਦੋਸ਼ ਲਾਇਆ ਕਿ ਹਲਕੇ ਦੇ ਮੌਜੂਦਾ ਵਿਧਾਇਕ ਦੀ ਦਖ਼ਲਅੰਦਾਜ਼ੀ ਕਾਰਨ ਇਸ ਲੋਕ-ਹਿੱਤ ਦੇ ਕੰਮ ਵਿੱਚ ਰੁਕਾਵਟ ਪਾਈ ਜਾ ਰਹੀ ਹੈ।
ਪਿੰਡ ਦੇ ਨੌਜਵਾਨਾਂ ਅਤੇ ਪ੍ਰਵਾਸੀ ਭਾਰਤੀਆਂ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦਾ ਮੁੱਖ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਹੈ। ਪਿੰਡ ਵਾਸੀਆਂ ਦਾ ਮੰਨਣਾ ਹੈ ਕਿ ਜੇਕਰ ਨੌਜਵਾਨਾਂ ਨੂੰ ਪਿੰਡ ਪੱਧਰ ’ਤੇ ਖੇਡ ਮੈਦਾਨ, ਜਿਮ ਅਤੇ ਹੋਰ ਸਹੂਲਤਾਂ ਮਿਲਣ ਤਾਂ ਉਹ ਆਪਣੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਗਾ ਸਕਦੇ ਹਨ।
ਪਿੰਡ ਵਾਸੀਆਂ ਨੇ ਸਵਾਲ ਉਠਾਇਆ ਕਿ ਇੱਕ ਪਾਸੇ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ‘ਰੰਗਲਾ ਪੰਜਾਬ’ ਬਣਾਉਣ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਉਨ੍ਹਾਂ ਦੇ ਦਾਅਵੇ ਅਨੁਸਾਰ, ਜਦੋਂ ਪ੍ਰਵਾਸੀ ਭਾਰਤੀ ਆਪਣੀ ਮਿਹਨਤ ਦੀ ਕਮਾਈ ਨਾਲ ਪਿੰਡਾਂ ਵਿੱਚ ਖੇਡ ਸਹੂਲਤਾਂ ਵਿਕਸਤ ਕਰਨ ਲਈ ਅੱਗੇ ਆ ਰਹੇ ਹਨ ਤਾਂ ਅਜਿਹੇ ਕੰਮਾਂ ਵਿੱਚ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ।
ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਟੇਡੀਅਮ ਦੀ ਉਸਾਰੀ ਰੋਕਣ ਦੇ ਕਾਰਨਾਂ ਨੂੰ ਸਪੱਸ਼ਟ ਕੀਤਾ ਜਾਵੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਦੇ ਹਿੱਤ ਵਿੱਚ ਸ਼ੁਰੂ ਕੀਤੇ ਗਏ ਇਸ ਪ੍ਰਾਜੈਕਟ ਨੂੰ ਮੁੜ ਚਾਲੂ ਕੀਤਾ ਜਾ ਸਕੇ।


