ਅੰਮ੍ਰਿਤਸਰ (ਦਾ ਮਿਰਰ ਪੰਜਾਬ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਅਕਤੂਬਰ 2017 ਨੂੰ ਪੰਥ ਚੋਂ ਛੇਕੇ ਸੁੱਚਾ ਸਿੰਘ ਲੰਗਾਹ ਨੇ ਪੱਤਰਕਾਰਾਂ ਸਾਹਮਣੇ ਬੇਨਤੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਨੂੰ ਮਾਫ਼ੀ ਦੇਵੇ ਅਤੇ ਪੰਥ ‘ਚ ਮੁੜ ਸ਼ਾਮਲ ਕਰੇ। ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਕਿਹਾ ਸੀ ਕਿ ਜਿਹੜਾ ਵੀ ਸਿੱਖ ਨਿਮਰਤਾ ਸਹਿਤ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੁੰਦਾ ਹੈ। ਆਪਣੀ ਗ਼ਲਤੀ ਨੂੰ ਮੰਨਦਾ ਹੈ, ਉਸ ਨੂੰ ਮੁੜ ਪੰਥ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਲੰਗਾਹ ਨੇ ਕਿਹਾ ਕਿ ਉਹ 72 ਦਿਨਾਂ ਤੋਂ ਲਗਾਤਾਰ ਨੰਗੇ ਪੈਰੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਬਾਣੀ ਪੜ੍ਹ ਰਹੇ ਹਨ ਤੇ ਅਰਦਾਸ ਕਰ ਰਹੇ ਹਨ।ਲੰਗਾਹ ਨੇ ਕਿਹਾ ਕਿ ਜਥੇਦਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਸੁਣੇ ਤੇ ਉਨ੍ਹਾਂ ਨੂੰ ਪੰਥ ਵਿੱਚ ਸ਼ਾਮਲ ਕਰੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁੱਚਾ ਸਿੰਘ ਲੰਗਾਹ ਦਾ ਮਾਮਲਾ ਪੰਜ ਸਿੰਘ ਸਾਹਿਬਾਨ ਵਿੱਚ ਹੀ ਵਿਚਾਰਿਆ ਜਾ ਸਕਦਾ ਹੈ। ਜਦ ਵੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਵੇਗੀ, ਉਸ ਵਿਚ ਮਾਮਲਾ ਰੱਖਿਆ ਜਾ ਸਕਦਾ ਹੈ।





