ਨਵੀਂ ਦਿੱਲੀ (ਦਾ ਮਿਰਰ ਪੰਜਾਬ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕਾਲਾ ਦਿਵਸ ਮਨਾਇਆ ਰਿਹਾ ਹੈ। ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਦੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਸੰਸਦ ਤੱਕ ਰੋਸ ਮਾਰਚ ਕੀਤਾ ਗਿਆ ਹੈ। ਇਸ ਦੌਰਾਨ ਦਿੱਲੀ ਪੁਲਿਸ ਨੇ ਸ਼੍ਰੋਮਣੀ ਅਕਾਲੀ ਦੇ 14 ਸੀਨੀਅਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਬੀਬਾ ਹਰਸਿਮਰਤ ਕੌਰ ਬਾਦਲ , ਬਿਕਰਮ ਸਿੰਘ ਮਜੀਠੀਆ , ਬਲਵਿੰਦਰ ਸਿੰਘ ਭੂੰਦੜ , ਜਗਮੀਤ ਸਿੰਘ ਬਰਾੜ ਸਮੇਤ 14 ਸੀਨੀਅਰ ਆਗੂਆਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਅੱਜ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਸਨ ਅਤੇ ਇੱਥੇ ਅਰਦਾਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਵੱਲ ਰੋਸ ਮਾਰਚ ਸ਼ੁਰੂ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ ਹੈ।