ਚੰਡੀਗੜ੍ਹ, 23 ਦਸੰਬਰ (ਦਾ ਮਿਰਰ ਪੰਜਾਬ)- ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅੱਜ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਹੇਠ ਪਾਰਟੀ ਚ ਸ਼ਾਮਲ ਹੋਏ। ਉਨ੍ਹਾਂ ਦੀ ਸ਼ਮੂਲੀਅਤ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਹੋਰ ਲੋਕਾਂ ਨੂੰ ਵੀ ਪਾਰਟੀ ਚ ਸ਼ਾਮਲ ਹੋਣ ਦਾ ਉਤਸ਼ਾਹ ਮਿਲੇਗਾ।
ਇਸ ਮੌਕੇ ਸੰਗਰੂਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਚੇਅਰਮੈਨ ਪਲਾਨਿੰਗ ਬੋਰਡ ਸੰਗਰੂਰ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਪੰਜਾਬ ਲੋਕ ਕਾਂਗਰਸ ਵਿੱਚ ਕਈ ਸਾਥੀਆਂ ਸਣੇ ਸ਼ਾਮਲ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰੂਨੀ ਲੜਾਈ ਦਾ ਸਾਹਮਣਾ ਕਰ ਰਹੀ ਹੈ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੂੰ ਵੱਖ ਵੱਖ ਦਿਸ਼ਾਵਾਂ ਵੱਲ ਖਿੱਚ ਰਹੇ ਹਨ।
ਗੁਰਦਾਸਪੁਰ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲਾ ਪ੍ਰਧਾਨ ਬਘੇਲ ਸਿੰਘ ਵੀ ਕਈ ਸਾਥੀਆਂ ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ ਹੋਏ। ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਵੱਲੋਂ ਪਾਰਟੀ ਚ ਸ਼ਾਮਲ ਕੀਤਾ ਗਿਆ।
ਬਘੇਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਚ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਭ ਤੋਂ ਵੱਧ ਝੂਠ ਫੈਲਾ ਰਹੇ ਹਨ। ਕੇਜਰੀਵਾਲ ਨੇ ਹਾਲੇ ਤੱਕ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਆਪਣਾ ਸੁਫਨਾ ਨਹੀਂ ਛੱਡਿਆ ਹੈ।
ਬਘੇਲ ਨੂੰ ਪੰਜਾਬ ਲੋਕ ਕਾਂਗਰਸ ਲਈ ਗੁਰਦਾਸਪੁਰ-1 ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਵਿਚ ਗੁਰਦਾਸਪੁਰ, ਕਾਦੀਆਂ ਅਤੇ ਦੀਨਾਨਗਰ ਹਲਕੇ ਆਉਂਦੇ ਹਨ।