ਜਲੰਧਰ 12 ਜਨਵਰੀ (ਦਾ ਮਿਰਰ ਪੰਜਾਬ ), ਭਾਰਤੀ ਜਨਤਾ ਪਾਰਟੀ ਪੰਜਾਬ ਦਾ ਲਗਾਤਾਰ ਵਿਸਥਾਰ ਹੋ ਰਿਹਾ ਹੈ। ਵਿਰੋਧੀ ਪਾਰਟੀਆਂ ਦੇ ਆਗੂ ਲਗਾਤਾਰ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਕੜੀ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਦਿੱਗਜ ਆਗੂਆਂ ਨੇ ਜਲੰਧਰ ਵਿੱਚ ਭਾਜਪਾ ਦਾ ਕਮਲ ਫੜ੍ਹ ਲਿਆ। ਜਲੰਧਰ ‘ਚ ਆਯੋਜਿਤ ਪ੍ਰੋਗਰਾਮ ਦੌਰਾਨ ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਸੂਬਾ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਸਾਰਿਆਂ ਨੂੰ ਭਾਜਪਾ ਦਾ ਸਿਰੋਪਾ ਪਾ ਕੇ ਭਾਜਪਾ ਪਰਿਵਾਰ ‘ਚ ਸ਼ਾਮਲ ਕੀਤਾ। ਜਲੰਧਰ ਪੁੱਜਣ ‘ਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਆਪਣੀ ਟੀਮ ਦੇ ਅਹੁਦੇਦਾਰਾਂ ਸਮੇਤ ਰਾਸ਼ਟਰੀ ਅਤੇ ਸੂਬਾਈ ਲੀਡਰਸ਼ਿਪ ਦਾ ਸਵਾਗਤ ਕੀਤਾI ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੰਸਦ ਮੈਂਬਰ ਹੰਸ ਰਾਜ ਹੰਸ, ਸੂਬਾ ਭਾਜਪਾ ਜਨਰਲ ਸਕੱਤਰ ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ ਆਦਿ ਵੀ ਹਾਜ਼ਰ ਸਨ।
ਰਾਜੇਸ਼ ਬਾਗਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਤਹਿਗੜ੍ਹ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਦੀਦਾਰ ਸਿੰਘ ਭੱਟੀ, ਸ਼ੁਤਰਾਣਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਅਤੇ ਐੱਸ.ਸੀ. ਕਮਿਸ਼ਨ ਪੰਜਾਬ ਦੇ ਮੌਜੂਦਾ ਮੈਂਬਰ ਦੇ ਪੁੱਤਰ ਸਤਵੰਤ ਸਿੰਘ ਮੋਹੀ, ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਦੇ ਜਰਨੈਲ ਕਹੇ ਜਾਣ ਵਾਲੇ ਬਿਕਰਮਜੀਤ ਸਿੰਘ ਮਜੀਠੀਆ ਦੇ ਮੀਡੀਆ ਸਲਾਹਕਾਰ ਪ੍ਰੋ. ਸਰਚਾਂਦ ਸਿੰਘ (ਅੰਮ੍ਰਿਤਸਰ), ਵਿਧਾਨ ਸਭਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਸਪੋਰਟਸ ਵਿੰਗ ਦੇ ਪ੍ਰਧਾਨ ਰਾਜਪਾਲ ਚੌਹਾਨ, ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਜ਼ੋਨ ਪ੍ਰਧਾਨ ਅੰਮ੍ਰਿਤਪਾਲ ਸਿੰਘ ਡੱਲੀ (ਜਲੰਧਰ), ਫਤਹਿਗੜ੍ਹ ਸਾਹਿਬ ਤੋਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਬਿੰਦਰ ਸਿੰਘ ਭੱਟੀ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹਨਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰੇ ਆਪੋ-ਆਪਣੇ ਖੇਤਰਾਂ ਵਿੱਚ ਪਾਰਟੀ ਦੀ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਪ੍ਰਚਾਰ-ਪ੍ਰਸਾਰ ਕਰਕੇ ਭਾਜਪਾ ਉਮੀਦਵਾਰਾਂ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਣਗੇ।