*ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣੀ ਕੇਜਰੀਵਾਲ ਸਰਕਾਰ ਦੀ ਕਰੜੀ ਆਲੋਚਨਾ*

पंजाब
Spread the love

ਅੰਮ੍ਰਿਤਸਰ, 21 ਜਨਵਰੀ- (ਦਾ ਮਿਰਰ ਪੰਜਾਬ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਕੇਸ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਰੱਦ ਕੀਤੇ ਜਾਣ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ ਸਰਕਾਰ ਦੇ ਪ੍ਰੋ. ਭੁੱਲਰ ਦੀ ਰਿਹਾਈ ਨੂੰ ਲੈ ਕੇ ਨਾਂਹਪੱਖੀ ਰਵੱਈਏ ਦੀ ਕਰੜੀ ਆਲੋਚਨਾ ਕਰਦਿਆਂ ਭਾਰਤ ਸਰਕਾਰ ਪਾਸੋਂ ਇਸ ਮਾਮਲੇ ਵਿਚ ਦਖ਼ਲ ਦੀ ਮੰਗ ਕੀਤੀ ਗਈ ਹੈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਰਵੱਈਆ ਹੁਣ ਬਿਲਕੁਲ ਸਾਹਮਣੇ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀ ਕਸ਼ੋਰੀ ਲਾਲ ਨੂੰ ਦਿੱਲੀ ਸਰਕਾਰ ਵੱਲੋਂ ਕਈ ਵਾਰ ਪੈਰੋਲ ਦਵਾਈ ਜਾ ਚੁੱਕੀ ਹੈ, ਜਦਕਿ ਦੂਸਰੇ ਪਾਸੇ ਸਾਰੀਆਂ ਰੋਕਾਂ ਖ਼ਤਮ ਹੋਣ ਦੇ ਬਾਵਜੂਦ ਵੀ ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿਚ ਅੜਿੱਕਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2019 ਵਿਚ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਗਿਆ ਸੀ, ਪਰ ਦਿੱਲੀ ਦੀ ਕੇਜਰੀਵਾਲ ਸਰਕਾਰ ਪ੍ਰੋ. ਭੁੱਲਰ ਦੀ ਫਾਈਲ ’ਤੇ ਸਹੀ ਨਹੀਂ ਪਾ ਰਹੀ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਤੱਕ ਵੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਕਾਨੂੰਨੀ ਕਾਰਵਾਈ ਵੀ ਅੱਗੇ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ 1984 ਦੇ ਸਿੱਖ ਕਤਲੇਆਮ ਸਬੰਧੀ ਬੀਤੇ ’ਚ ਕਾਂਗਰਸ ਨੂੰ ਕਲੀਨ ਚਿੱਟ ਦੇਣ ਵਾਲਾ ਬਿਆਨ ਵੀ ਉਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਪ੍ਰਗਟਾਉਂਦਾ ਹੈ।

Leave a Reply

Your email address will not be published. Required fields are marked *