*ਪੰਜਾਬ ਦੇ ਸਮੂਹ ਜਿਲਾ ਪ੍ਰਧਾਨਾਂ ਅਤੇ ਸ਼੍ਰੋਮਣੀ ਅਕਾਲੀ ਦਲ ਯੂਰੋਪ ਦੇ ਅਹੁਦੇਦਾਰਾਂ ਦੀ ਸੋਚ ਮੁਤਾਬਿਕ ਸੁਖਬੀਰ ਬਾਦਲ ਨੂੰ ਅਸਤੀਫਾ ਦੇਣ ਦੀ ਕੋਈ ਲੋੜ ਨਹੀਂ*

पंजाब
Spread the love

ਪੈਰਿਸ /ਚੰਡੀਗੜ੍ਹ 17 ਮਾਰਚ (ਭੱਟੀ ਫਰਾਂਸ ) ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਚੋਣਾਂ ਦੌਰਾਨ ਹੋਈ ਮਾੜੀ ਹਾਰ ਕਾਰਨ ਕਈ ਤਰਾਂ ਦੇ ਸਵਾਲ ਵਿਰੋਧੀਆ ਵਲੋਂ ਉਠਾਏ ਜਾ ਰਹੇ ਸਨ ,ਜਿਸ ਕਾਰਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨੇ ਅਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਅਸਤੀਫ਼ੇ ਦੀ ਪੇਸ਼ਕਸ਼ ਕੀਤੀ, ਜਿਸ ਨੂੰ ਪੰਜਾਬ ਭਰ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਤਰਜ ਤੇ ਸ਼੍ਰੋਮਣੀ ਅਕਾਲੀ ਦਲ ਯੂਰੋਪ ਦੇ ਅਹੁਦੇਦਾਰਾਂ ਕ੍ਰਮਵਾਰ ,ਇਕਬਾਲ ਸਿੰਘ ਭੱਟੀ ਫਰਾਂਸ ,ਜਸਵੰਤ ਸਿੰਘ ਭਦਾਸ ਫਰਾਂਸ , ਲਾਭ ਸਿੰਘ ਭੰਗੂ ਸਪੇਨ , ਮਸਤਾਨ ਸਿੰਘ ਨੌਰਾ , ਜਗਵੰਤ ਸਿੰਘ ਲਹਿਰਾ ਇਟਲੀ ,ਜਥੇਦਾਰ ਗੁਰਚਰਨ ਸਿੰਘ ਭੁੰਗਰਨੀ ,ਲਖਵਿੰਦਰ ਸਿੰਘ ਡੋਗਰਾਂਵਾਲ , ਜਗਜੀਤ ਸਿੰਘ ਫਤਿਹਗੜ , ਹਰਦੀਪ ਸਿੰਘ ਬੋਦਲ ਇਟਲੀ ਆਦਿ ਨੇ ਵੀ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਨੂੰ ਅਸਤੀਫਾ ਦੇਣ ਦੀ ਕੋਈ ਲੋੜ ਨਹੀਂ | ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੋ ਦਿਨ ਪਹਿਲਾਂ ਅਤੇ ਬੀਤੇ ਕੱਲ ਵੀ ਜ਼ਿਲ੍ਹਾ ਪ੍ਰਧਾਨਾਂ ਤੇ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗਾਂ ਕਰਦੇ ਹੋਏ ਇਹ ਕਿਹਾ ਸੀ ਕਿ ਪਾਰਟੀ ਅਤੇ ਪਾਰਟੀ ਦੀ ਭਲਾਈ ਉਨ੍ਹਾਂ ਲਈ ਸਭ ਤੋਂ ਉਪਰ ਹੈ। ਸਰਦਾਰ ਬਾਦਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹੀ ਆਪਣੇ ਵੱਲੋਂ ਪਾਰਟੀ ਦੇ ਬਿਹਤਰ ਹਿੱਤਾਂ ਲਈ ਕੰਮ ਕੀਤਾ ਹੈ,ਦੇ ਬਾਵਜੂਦ ਵੀ ਮੈਂ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਾ ਹਾਂ ਤੇ ਅਸਤੀਫਾ ਦੇਣ ਲਈ ਤਿਆਰ ਹਾਂ। ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਦੀ ਇਹ ਪੇਸ਼ਕਸ਼ ਸਿੱਧੇ ਤੌਰ ’ਤੇ ਰੱਦ ਕਰ ਦਿੱਤੀ ਤੇ ਕਈ ਜ਼ਿਲ੍ਹਾ ਪ੍ਰਧਾਨਾਂ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਸਖ਼ਤ ਮਿਹਨਤ ਅਤੇ ਜ਼ੋਰਦਾਰ ਚੋਣ ਮੁਹਿੰਮ ਦੀ ਸ਼ਲਾਘਾ ਵੀ ਕੀਤੀ ।

ਸ਼੍ਰੋਮਣੀ ਅਕਾਲੀ ਦਲ ਯੂਰੋਪ ਦੇ ਅਹੁਦੇਦਾਰਾਂ ਅਤੇ ਪਾਰਟੀ ਦੇ ਜਿਲਾ ਪ੍ਰਧਾਨਾਂ ਨੇ ਸਾਂਝੇ ਤੌਰ ਤੇ ਕਿਹਾ ਕਿ ਛੋਟੇ ਬਾਦਲ ਨੇ ਨਾ ਸਿਰਫ ਅੱਗੇ ਹੋ ਕੇ ਪਾਰਟੀ ਦੀ ਅਗਵਾਈ ਕੀਤੀ ਬਲਕਿ ਪਾਰਟੀ ਦੀ ਲੀਡਰਸ਼ਿਪ ਅਤੇ ਪਾਰਟੀ ਕੇਡਰ ਨੂੰ ਵੀ ਪਾਰਟੀ ਵਾਸਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ। ਇਨ੍ਹਾਂ ਆਗੂਆਂ ਨੇ ਕਿਹਾ ਕਿ ਭਾਵੇਂ ਨਤੀਜੇ ਆਸ ਮੁਤਾਬਕ ਨਹੀਂ ਆਏ ਪਰ ਪਾਰਟੀ ਪ੍ਰਧਾਨ ਦਾ ਕੋਈ ਕਸੂਰ ਨਹੀਂ ਕੱਢਿਆ ਜਾ ਸਕਦਾ। ਲੋਕਾਂ ਨੇ ਬਦਲਾਅ ਵਾਸਤੇ ਵੋਟਾਂ ਪਾਈਆਂ ਤੇ ਸਮੁੱਚੀ ਵਿਰੋਧੀ ਧਿਰ ਇਕ ਕਿਸਮ ਦੀ ਸੁਨਾਮੀ ਵਿਚ ਵਹਿ ਗਈ। ਮੀਟਿੰਗ ਵਿਚ ਆਪਣੀ ਫੀਡਬੈਕ ਦਿੰਦਿਆਂ ਅਕਾਲੀ ਦਲ ਦੇ ਇਨ੍ਹਾਂ ਆਗੂਆਂ ਨੇ ਦੱਸਿਆ ਕਿ ਅਨੇਕਾਂ ਥਾਵਾਂ ’ਤੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਨਾਂ ਵੀ ਨਹੀਂ ਪਤਾ ਸੀ ਪਰ ਉਨ੍ਹਾਂ ਫਿਰ ਵੀ ਵੋਟਾਂ ਆਮ ਆਦਮੀ ਪਾਰਟੀ ਨੂੰ ਪਾਈਆਂ, ਜਿਸ ਨਾਲ ਅਕਾਲੀ ਦਲ ਦਾ ਵੱਡਾ ਨੁਕਸਾਨ ਹੋਇਆ। ਇਨ੍ਹਾਂ ਪਾਰਟੀ ਆਗੂਆਂ ਨੇ ਕਿਹਾ ਕਿ ਹਾਲੇ ਵੀ ਸਭ ਕੁਝ ਖ਼ਤਮ ਨਹੀਂ ਹੋਇਆ, ਅਕਾਲੀ ਦਲ ’ਚ ਫਰਸ਼ ਤੋਂ ਅਰਸ਼ ’ਤੇ ਪਹੁੰਚਣ ਦੀ ਕਾਬਲੀਅਤ ਤੇ ਸਮਰੱਥਾ ਹੈ ਅਤੇ ਇਸ ਵਾਸਤੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਅਗਵਾਈ ਕਰਨੀ ਚਾਹੀਦੀ ਹੈ |

ਇਸ ਤੋਂ ਬਿਨਾਂ ਜਿਲਾ ਪ੍ਰਧਾਨਾਂ ਅਤੇ ਯੂਰੋਪੀਅਨ ਨੇਤਾਵਾਂ ਨੇ ਹੋਰ ਕਿਹਾ ਕਿ ਪਿਛਲੀਆਂ ਅਕਾਲੀ ਸਰਕਾਰਾਂ ਵੇਲੇ ਰਿਕਾਰਡ ਤੋੜ ਵਿਕਾਸ, ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਵਿਲੱਖਣ ਸਮਾਜ ਭਲਾਈ ਸਕੀਮਾਂ ਲੋਕਾਂ ਵਾਸਤੇ ਪੇਸ਼ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਲੋਕ ਅਕਾਲੀ ਦਲ ਨੂੰ ਇਸ ਦੀ ਪਿਛਲੀ ਕਾਰਗੁਜ਼ਾਰੀ ਦੇ ਆਧਾਰ ’ਤੇ ਅਤੇ ਖਾਸ ਤੌਰ ’ਤੇ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਕਾਰਨ, ਵੋਟਾਂ ਪਾਉਣਾ ਚਾਹੁੰਦੇ ਸਨ ਪਰ ਆਖਰੀ ਸਮੇਂ ਵਿਚ ਬਦਲਾਅ ਦੀ ਆਵਾਜ਼ ਵਿਚ ਵਹਿ ਗਏ। ਇਸ ਦੌਰਾਨ ਬਾਦਲ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦੱਸਿਆ ਕਿ ਪਾਰਟੀ ਨਾ ਸਿਰਫ ਉਨ੍ਹਾਂ ਅਤੇ ਹੋਰ ਪਾਰਟੀ ਆਗੂਆਂ ਤੋਂ ਹਾਰ ਦੇ ਕਾਰਨਾਂ ਬਾਰੇ ਫੀਡਬੈਕ ਲਵੇਗੀ ਬਲਕਿ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਰਾਇ ਇਸ ਬਾਰੇ ਜਾਣੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਕਸਦ ਵਾਸਤੇ ਇਕ ਉੱਚ ਤਾਕਤੀ ਕਮੇਟੀ ਬਣਾਈ ਜਾ ਰਹੀ ਹੈ, ਜੋ ਜ਼ਰੂਰੀ ਫੀਡਬੈਕ ਵਾਸਤੇ ਲੋੜੀਂਦੀਆਂ ਮੀਟਿੰਗਾਂ ਕਰੇਗੀ ਅਤੇ ਪਾਰਟੀ ਨੂੰ ਮੁੜ ਮਜ਼ਬੂਤ ਕਰਨ ਬਾਰੇ ਸਿਫਾਰਿਸ਼ਾਂ ਕਰੇਗੀ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨਾਂ ਨੇ ਪੰਥਕ ਮਾਮਲਿਆਂ ਬਾਰੇ ਆਪਣੇ ਸੁਝਾਅ ਦਿੱਤੇ ਤੇ ਨਾਲ ਹੀ ਪੰਜਾਬ ਦੇ ਸਾਰੇ ਲਟਕਦੇ ਮਸਲੇ ਉਠਾਉਣ ਅਤੇ ਉਨ੍ਹਾਂ ਨੂੰ ਹੱਲ ਕੀਤੇ ਜਾਣਾ ਯਕੀਨੀ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

Leave a Reply

Your email address will not be published. Required fields are marked *