ਪੈਰਿਸ / ਅੰਮ੍ਰਿਤਸਰ 8 ਨਵੰਬਰ (ਪੱਤਰ ਪ੍ਰੇਰਕ ) ਸ਼੍ਰੀ ਅਮ੍ਰਿਤਸਰ ਤੋਂ ਮਿਲੀਆਂ ਤਾਜਾ ਸੂਚਨਾਵਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਅਹੁਦੇਦਾਰਾਂ ਦੀ ਸਹਿਮਤੀ ਉਪਰੰਤ ਐਲਾਨ ਕੀਤੇ ਗਏ ਪ੍ਰਧਾਨਗੀ ਪੱਦ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਸਰਦਾਰ ਧਾਮੀ ਨੂੰ 118 ਵੋਟਾਂ ਮਿਲੀਆਂ ਹਨ ਜਦਕਿ ਬੀਬੀ ਜਗੀਰ ਕੌਰ ਦੀ ਸਲਾਹ ਨਾਲ ਐਲਾਨੇ ਗਏ, ਵਿਰੋਧੀ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਸਿਰਫ 17 ਵੋਟਾਂ ਪ੍ਰਾਪਤ ਹੋਈਆਂ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ ਇਕ ਵਜੇ ਦੇ ਕਰੀਬ ਅਰਦਾਸ ਹੋਣ ਤੋਂ ਬਾਅਦ ਵੋਟਿੰਗ ਸ਼ੁਰੂ ਹੋਈ। ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਐੱਸ.ਜੀ.ਪੀ.ਸੀ ਦੇ ਮੌਜੂਦਾ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ |
ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪਾਈਆਂ ਗਈਆਂ ਵੋਟਾਂ ਵਿੱਚੋਂ ਐਡਵੋਟਕੇਟ ਹਰਜਿੰਦਰ ਸਿੰਘ ਧਾਮੀ ਨੂੰ ਕੁੱਲ 118 ਵੋਟਾਂ ਹਾਸਲ ਹੋਈਆਂ ਜਦਕਿ ਉਨ੍ਹਾਂ ਦੇ ਵਿਰੋਧੀ ਸੰਤ ਬਲਬੀਰ ਸਿੰਘ ਘੁੰਨਸ ਨੂੰ ਸਿਰਫ 17 ਵੋਟਾਂ ਪ੍ਰਾਪਤ ਹੋਈਆਂ ਹਨ | ਐਂਡਵੋਕੇਟ ਹਰਜਿੰਦਰ ਸਿੰਘ ਧਾਮੀ ਐੱਸ.ਜੀ.ਸੀ.ਪੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਚੁਣੇ ਗਏ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਚੁਣਨ ਦੇ ਨਾਲ-ਨਾਲ ਹਰਭਜਨ ਸਿੰਘ ਮਸਾਣਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ 11 ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਵੀ ਚੋਣ ਕੀਤੀ ਗਈ ਦੱਸੀ ਜਾ ਰਹੀ ਹੈ |





