ਪੈਰਿਸ 8 ਫਰਵਰੀ (ਪੱਤਰ ਪ੍ਰੇਰਕ ) ਸ਼੍ਰੋ.ਅ.ਦਲ ਫਰਾਂਸ ਅਤੇ ਯੂਰਪ ਦੇ ਮੁਖੀ ਇਕਬਾਲ ਸਿੰਘ ਭੱਟੀ ਨੇ ਆਪਣੇ ਸਾਥੀਆਂ ਜਥੇਦਾਰ ਗੁਰਚਰਨ ਸਿੰਘ ਭੁੰਗਰਨੀ ਅਤੇ ਹਰਦੀਪ ਸਿੰਘ ਬੋਦਲ ਇਟਲੀ, ਮਸਤਾਨ ਸਿੰਘ ਨੌਰਾ ਸਵਿੱਸ ਆਦਿ ਨੇ ਮੀਡੀਆ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ 1956 ਵਿਚ ਮਹਾਰਾਸ਼ਟਰ ਸਰਕਾਰ ਵਲੋਂ ਕੀਤੀ ਗਈ ਸੋਧ ਦਾ ਅਸੀਂ ਸਖ਼ਤ ਸ਼ਬਦਾਂ ਵਿਚ ਵਿਰੋਧ ਕਰਦੇ ਹਾਂ । ਇਕਬਾਲ ਸਿੰਘ ਭੱਟੀ, ਜਥੇਦਾਰ ਭੁੰਗਰਨੀ, ਬੋਦਲ ਅਤੇ ਸਰਦਾਰ ਨੌਰਾ ਨੇ ਕਿਹਾ ਕਿ ਅਜਿਹਾ ਕਰਕੇ ਮਹਾਰਾਸ਼ਟਰ ਸਰਕਾਰ ਨੇ ਸਿੱਧੇ ਤੌਰ ਤੇ ਸਿੱਖ ਮਾਮਲਿਆਂ ਵਿਚ ਦਖਲਅੰਦਾਜ਼ੀ ਕੀਤੀ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਸੋਧ ਕਰਨ ਤੋਂ ਪਹਿਲਾਂ ਸਿੱਖ ਕੌਮ ਦੀ ਮਿੰਨੀ ਪਾਰਲੀਮੈਂਟ ਕਹੇ ਜਾਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਵਿਦਵਾਨਾਂ ਨਾਲ ਸਲਾਹ -ਮਸ਼ਵਰਾ ਜਰੂਰ ਕਰਨਾ ਚਾਹੀਦਾ ਸੀ। ਉਪਰੋਕਤ ਸਾਰੇ ਆਗੂਆਂ ਨੇ ਸਾਂਝੇ ਤੌਰ ਤੇ ਮਹਾਰਾਸ਼ਟਰ ਦੀ ਸ਼ਿੰਦੇ ਸਰਕਾਰ ਨੂੰ (ਸੋਧ ਨੂੰ ਤੁਰੰਤ) ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ੇਕਰ ਇਸ ਵਿੱਚ ਸੋਧ ਨਾ ਕੀਤੀ ਗਈ ਤਾਂ, ਗੁਰਦੁਆਰਾ ਬੋਰਡ ਤੇ ਮਹਾਰਾਸ਼ਟਰ ਸਰਕਾਰ ਦਾ ਪੂਰਨ ਤੌਰ ਤੇ ਕਬਜਾ ਹੋ ਜਾਵੇਗਾ। ਜਿਸ ਨਾਲ ਸਿੱਖਾਂ ਵਿੱਚ ਭਾਰੀ ਰੋਸ ਫੈਲ ਸੱਕਦਾ ਹੈ।
ਉਨ੍ਹਾਂ ਕਿਹਾ ਕਿ ਬੋਰਡ ਦੇ ਕੁੱਲ 17 ਮੈਂਬਰਾਂ ਵਿਚੋਂ 12 ਨੂੰ ਸਿੱਧੇ ਤੌਰ ‘ਤੇ ਨਾਮਜ਼ਦ ਕਰ ਦਿੱਤਾ ਗਿਆ ਹੈ, ਜਦਕਿ ਸ਼੍ਰੋਮਣੀ ਕਮੇਟੀ ਵਲੋਂ ਭੇਜੇ ਗਏ ਮੈਂਬਰਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ ਦਿੱਤੀ ਗਈ ਹੈ। ਚੀਫ਼ ਖ਼ਾਲਸਾ ਦੀਵਾਨ, ਹਜ਼ੂਰੀ ਸੱਚਖੰਡ ਦੀਵਾਨ ਦੀ ਨਾਮਜ਼ਦਗੀ ਖ਼ਤਮ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਬੋਰਡ ਦੇ ਮੈਂਬਰ ਰਹੇ ਦੋ ਸਿੱਖ ਸੰਸਦ ਮੈਂਬਰਾਂ ਨੂੰ ਵੀ ਨਵੀਂ ਸੋਧ ਵਿਚ ਇਸ ਅਧਿਕਾਰ ਤੋਂ ਵਾਂਝਿਆਂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸੂਬਾ ਸਰਕਾਰ ਸਿੱਖ ਸੰਸਥਾਵਾਂ ਦੀ ਪ੍ਰਬੰਧ ਵਿਵਸਥਾ ਵਿਚ ਸਿੱਧੇ ਤੌਰ ਤੇ ਦਖਲ ਦੇਣਾ ਚਾਹੁੰਦੀ ਹੈ, ਜੋ ਕਿ ਨਾਕਾਬਿਲੇ ਬਰਦਾਸ਼ਤ ਹੈ ।





